ਸਿਹਤ ਕਾਮਿਆਂ ਨੇ ਡੀਸੀ ਨੂੰ ਮੋੜੇ ਕੋਵਿਡ ਪ੍ਰਸ਼ੰਸਾ ਪੱਤਰ
ਬਰਨਾਲਾ; ਸੇਵਾਵਾਂ ਰੈਗੂਲਰ ਕਰਨ ਦੀ ਮੰਗ ਲਈ ਹੜਤਾਲ ‘ਤੇ ਚੱਲ ਰਹੇ ਐਨਐਚਐਮ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖਿਲਾਫ ਆਰ-ਪਾਰ ਦਾ ਸੰਘਰਸ਼ ਵਿੱਢ ਦਿੱਤਾ ਹੈ। ਕੋਰੋਨਾ ਮਹਾਂਮਾਰੀ ਦੌਰਾਨ ਐਮਰਜੈਂਸੀ ਸੇਵਾਵਾਂ ਮੁਹੱਈਆ ਕਰਨ ਵਾਲੇ ਇਹਨਾਂ ਐਨਐਚਐਮ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਤੇ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਮਿਲੇ ਸਾਰੇ ਸਨਮਾਨ ਤੇ ਪ੍ਰਸੰਸਾ ਪੱਤਰ ਮੁਲਾਜ਼ਮਾਂ ਨੇ ਸ਼ੁੱਕਰਵਾਰ ਨੂੰ ਡਿਪਟੀ ਕਮਿਸ਼ਨਰ ਬਰਨਾਲਾ ਕੁਮਾਰ ਸੌਰਬ ਰਾਜ ਨੂੰ ਵਾਪਸ ਮੋੜ ਦਿੱਤੇ। ਪੰਜਾਬ ਸਰਕਾਰ ਖਿਲਾਫ ਨਾਅਰੇਬਾਜੀ ਕਰਦਿਆਂ ਇੱਕ ਰੋਸ ਮੁਜ਼ਾਹਰੇ ਦੇ ਰੂਪ ‘ਚ ਡਿਪਟੀ ਕਮਿਸ਼ਨਰ ਦਫਤਰ ਬਰਨਾਲਾ ਪਹੁੰਚੇ ਇਹਨਾਂ ਕੱਚੇ ਸਿਹਤ ਮੁਲਾਜ਼ਮਾਂ ਨੇ ਕਿਹਾ ਕਿ ਸਾਨੂੰ ਸਿਰਫ ਫੋਕੇ ਪ੍ਰਸੰਸਾਂ ਪੱਤਰ ਹੀ ਨਹੀਂ, ਬਲਕਿ ਸਥਾਈ ਰੁਜ਼ਗਾਰ ਵੀ ਚਾਹੀਦਾ ਹੈ ਜੋ ਸਾਡਾ ਸੰਵਿਧਾਨਿਕ ਹੱਕ ਹੈ। ਸਿਹਤ ਮੁਲਾਜ਼ਮਾਂ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਉਨਾਂ੍ਹ ਆਪਣੀ ਤੇ ਪਰਿਵਾਰਾਂ ਦੀ ਜਾਨ ਜ਼ੋਖਿਮ ‘ਚ ਪਾ ਕੇ ਡਿਊਟੀਆਂ ਕੀਤੀਆਂ ਪਰ ਹੁਣ ਸਰਕਾਰ ਉਨਾਂ੍ਹ ਨੂੰ ਪੱਕੇ ਨਾ ਕਰਕੇ ਧੱਕੇਸ਼ਾਹੀ ਕਰ ਰਹੀ ਹੈ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਕਾਰਨ ਹੀ ਉਹ ਡਿਉਟੀ ਕਰਨ ਦੀ ਥਾਂ ਸੜਕਾਂ ‘ਤੇ ਰੁਲ ਰਹੇ ਹਨ। ਇਸ ਮੌਕੇ ਸੰਬੋਧਨ ਕਰਦਿਆਂ ਐਨਐਚਐਮ ਯੂਨੀਅਨ ਦੇ ਜ਼ਲਿ੍ਹਾ ਆਗੂ ਕਮਲਜੀਤ ਕੌਰ ਪੱਤੀ, ਸੰਦੀਪ ਕੌਰ ਸੀਐਚਓ, ਹਰਜੀਤ ਸਿੰਘ ਬੀਸੀਸੀ, ਮਨਦੀਪ ਕੌਰ, ਜਸਵਿੰਦਰ ਸਿੰਘ, ਰਾਕੇਸ਼ ਕੁਮਾਰ, ਵਿਪਨ, ਵੀਰਪਾਲ ਕੌਰ, ਨਰਿੰਦਰ ਸਿੰਘ, ਸੁਖਪਾਲ ਸਿੰਘ, ਨਵਦੀਪ, ਰੁਪਿੰਦਰ ਕੌਰ ਆਦਿ ਨੇ ਕਿਹਾ ਕਿ ਯੋਗਤਾ ਅਨੁਸਾਰ ਰੁਜ਼ਗਾਰ ਤੇ ਰੁਜ਼ਗਾਰ ਅਨੁਸਾਰ ਮਿਹਨਤਾਨਾ ਸਾਡਾ ਸੰਵਿਧਾਨਿਕ ਹੱਕ ਹੈ ਤੇ ਅਸਾਮੀਆਂ ਅਨੁਸਾਰ ਯੋਗਤਾ ਪੂਰੀ ਹੋਣ ਦੇ ਬਾਵਜੂਦ ਵੀ ਪੰਜਾਬ ਦੀ ਚੰਨੀ ਸਰਕਾਰ ਨਿਗੂਣੀਆਂ ਤਣਖਾਹਾਂ ਤਹਿਤ ਸਾਡਾ ਆਰਥਿਕ, ਮਾਨਸਿਕ ਸ਼ੋਸ਼ਣ ਕਰ ਰਹੀ ਹੈ। ਉਨਾਂ੍ਹ ਮੰਗ ਕੀਤੀ ਕਿ ਸਾਰੇ ਕੱਚੇ ਮੁਲਾਜ਼ਮਾਂ ਨੂੰ ਬਗੈਰ ਕਿਸੇ ਪੋ੍ਵੇਸ਼ਨ ਪੀਰੀਅਡ ਦੇ ਪੂਰੀਆਂ ਤਣਖਾਹਾਂ ਤਹਿਤ ਪੱਕਾ ਕੀਤਾ ਜਾਵੇ। ਇਸ ਮੌਕੇ ਸੰਬੋਧਨ ਕਰਦਿਆਂ ਨਰੇਸ਼ ਕੁਮਾਰੀ, ਨੀਲੂ, ਵਿੱਕੀ, ਸੁਖਵਿੰਦਰ ਸਿੰਘ, ਨਰਿੰਦਰ ਪਾਲ, ਨੀਰਜ ਕੁਮਾਰੀ, ਸੁਰਜੀਤ ਸਿੰਘ, ਸੰਜੀਵ ਕੁਮਾਰ, ਜਸਵਿੰਦਰ ਸਿੰਘ, ਸੀਮਾ, ਸਿਮਰਜੀਤ ਕੌਰ, ਸਰਬਜੀਤ ਕੌਰ, ਸੁਖਪਾਲ ਕੌਰ ਆਦਿ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਕੱਚੇ ਕਾਮਿਆਂ ਨੂੰ ਪੱਕੇ ਨਾ ਕੀਤਾ ਗਿਆ ਤਾਂ ਉਹ ਆਉਣ ਵਾਲੇ ਦਿਨਾਂ ‘ਚ ਸਰਕਾਰ ਖਿਲਾਫ ਤਿੱਖੇ ਸੰਘਰਸ਼ ਦਾ ਬਿਗੁਲ ਵਜਾਉਣਗੇ।
ਇਸ ਮੌਕੇ ਐਨਐਚਐਮ ਮੁਲਾਜ਼ਮਾਂ ਵੱਲੋਂ ਪਠਾਨਕੋਟ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵਿਰੋਧ ਕਰ ਰਹੀਆਂ ਐਨਐਚਐਮ ਮੁਲਾਜ਼ਮਾਂ ਨੂੰ ਗਿ੍ਫਤਾਰ ਕਰਨ ਦੀ ਸਖਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਉਹਨਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਗਈ।