ਸਿਹਤ ਕਾਮਿਆਂ ਨੇ ਸੂਬਾ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
ਬਰਨਾਲਾ, ਕੌਮੀ ਸਿਹਤ ਮਿਸ਼ਨ ਤਹਿਤ ਸਿਹਤ ਵਿਭਾਗ ਪੰਜਾਬ ‘ਚ ਕੰਮ ਕਰਦੇ ਸਮੂਹ ਮੁਲਾਜ਼ਮਾਂ ਦੀ ਹੜਤਾਲ ਜਾਰੀ ਹੈ। ਜ਼ਿਲ੍ਹੇ ਭਰ ਤੋਂ ਸਿਵਲ ਹਸਪਤਾਲ ਬਰਨਾਲਾ ਦੇ ਪਾਰਕ ‘ਚ ਇਕੱਤਰ ਹੋਏ ਸਿਹਤ ਮੁਲਾਜ਼ਮਾਂ ਵੱਲੋਂ ਚੰਨੀ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜੀ ਕਰਦਿਆਂ ਸਾਰੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ ਗਈ। ਇਸ ਹੜਤਾਲ ‘ਚ ਠੇਕਾ ਅਧਾਰਿਤ ਡਾਕਟਰ, ਸਟਾਫ ਨਰਸਾਂ, ਕਮਿਊਨਿਟੀ ਹੈਲਥ ਅਫਸਰ, ਏਐਨਐਮਜ਼, ਦਫਤਰੀ ਮੁਲਾਜ਼ਮ, ਫਾਰਮਾਸਿਸਟ ਆਦਿ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ। ਇਸ ਮੌਕੇ ਸੰਬੋਧਨ ਕਰਦਿਆਂ ਐਨਐਚਐਮ ਇੰਪਲਾਈਜ਼ ਯੂਨੀਅਨ ਦੇ ਜਿਲ੍ਹਾ ਆਗੂ ਕਮਲਜੀਤ ਕੌਰ ਪੱਤੀ, ਸੰਦੀਪ ਕੌਰ ਸੀਐਚਓ, ਵਿਪਨ ਕੁਮਾਰ, ਨਵਦੀਪ ਸਿੰਘ, ਸੁਖਪਾਲ ਸਿੰਘ, ਰੁਪਿੰਦਰ ਕੌਰ ਆਦਿ ਨੇ ਕਿਹਾ ਕਿ ਉਹ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਬੀਤੀ ਕੱਲ੍ਹ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸ਼ਹਿਰ ਖਰੜ ਗਏ ਸਨ, ਪਰ ਮੁੱਖ ਮੰਤਰੀ ਸਾਹਿਬ ਨੇ ਗੱਲ ਸੁਨਣ ਦੀ ਬਜਾਏ ਉਲਟਾ ਉਪ ਮੁੱਖ ਮੰਤਰੀ ਓਪੀ ਸੋਨੀ ਨੇ ਸਿਹਤ ਵਿਭਾਗ ਦੇ ਕੱਚੇ ਕਾਮਿਆਂ ਨੂੰ ਪੱਕੇ ਨਾ ਕਰਨ ਦਾ ਫੁਰਮਾਨ ਸੁਣਾ ਦਿੱਤਾ, ਜਿਸ ਦੇ ਰੋਸ ਵਜੋਂ ਉਹਨਾਂ ਰਾਤ ਭਰ ਖਰੜ ਵਿਖੇ ਧਰਨਾ ਦਿੱਤਾ। ਬੁੱਧਵਾਰ ਸਵੇਰੇ ਖਰੜ ਧਰਨੇ ਤੋਂ ਪਹੁੰਚੇ ਸਿਹਤ ਮੁਲਾਜ਼ਮਾਂ ਵੱਲੋਂ ਹਸਪਤਾਲ ਪਾਰਕ ‘ਚ ਰੋਜਾਨਾ ਵਾਂਗ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਨਵਦੀਪ ਕੌਰ ਭਦੌੜ, ਵੀਰਪਾਲ ਕੌਰ, ਨਰੇਸ਼ ਕੁਮਾਰੀ, ਯਾਦਵਿੰਦਰ ਸਿੰਘ, ਸੁਖਵਿੰਦਰ ਸਿੰਘ, ਨਰਿੰਦਰ ਪਾਲ, ਅਰੁਣ ਆਦਿ ਨੇ ਸੰਬੋਧਨ ਕੀਤਾ।