ਚੋਣਾਂ ਤੋਂ ਪਹਿਲਾਂ ਵੱਡੀ ਵਾਰਦਾਤ, ਪਟਿਆਲਾ ‘ਚ ਕਾਂਗਰਸੀ ਆਗੂ ਤੇ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗੜ੍ਹ ਪਟਿਆਲਾ ਵਿੱਚ ਕਾਂਗਰਸੀ ਸਰਪੰਚ ਨਾਲ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
ਮੰਗਲਵਾਰ ਸਵੇਰੇ ਤਾਰਾ ਦੱਤ ‘ਤੇ ਜਾਨਲੇਵਾ ਹਮਲਾ ਹੋਇਆ ਸੀ। ਤਾਰਾ ਦੱਤ ਨੂੰ ਮੰਗਲਵਾਰ ਸਵੇਰੇ ਅਣਪਛਾਤੇ ਲੋਕਾਂ ਨੇ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ ਸੀ। ਘਟਨਾ ਸਵੇਰੇ 10:15 ਵਜੇ ਦੇ ਕਰੀਬ ਵਾਪਰੀ। ਜ਼ਖ਼ਮੀ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿਥੇ ਉਸ ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਦੱਸ ਦਈਏ ਕਿ ਤਾਰਾ ਦੱਤ ਤ੍ਰਿਪੜੀ ਖੇਤਰ ‘ਚ ਆਉਂਦੇ ਪਿੰਡ ਸਿਓਣਾ ਦੀ ਸਰਪੰਚ ਸੀ।
ਘਟਨਾ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮੌਕੇ ‘ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਨੂੰ ਯਕੀਨੀ ਬਣਾਇਆ ਜਾਵੇ। ਜ਼ਿਕਰਯੋਗ ਹੈ ਕਿ ਇਸ ਵਾਰ ਕੈਪਟਨ ਅਮਰਿੰਦਰ ਸਿੰਘ ਵੱਖਰੀ ਪਾਰਟੀ ਬਣਾ ਕੇ ਭਾਜਪਾ ਨਾਲ ਮਿਲ ਕੇ ਚੋਣ ਲੜ ਰਹੇ ਹਨ।