ਰੈਸਟ ਹਾਊਸ ਬਰਨਾਲਾ ਦੀ ਬਦਲੇਗੀ ਨੁਹਾਰ – ਮੀਤ ਹੇਅਰ
ਕੈਬਨਿਟ ਮੰਤਰੀ ਨੇ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਖੇਡ ਮੈਦਾਨ ਬਣਾਉਣ ’ਤੇ ਦਿੱਤਾ ਜ਼ੋਰ
ਬਰਨਾਲਾ: 5 ਦਸੰਬਰ (ਅਮਨਦੀਪ ਸਿੰਘ ਭੋਤਨਾ/ਕਰਮਜੀਤ ਸਿੰਘ ਗਾਦੜ੍ਹਾ)
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ਸਰਕਾਰ ਵੱਲੋਂ ਸੂਬੇ ਭਰ ਦੇ ਸਰਕਟ ਹਾਊਸਾਂ ਜਾਂ ਸਰਕਾਰੀ ਰੈਸਟ ਹਾਊਸਾਂ ਦੀ ਮੁਰੰਮਤ ਦਾ ਫ਼ੈਸਲਾ ਕੀਤਾ ਗਿਆ ਹੈ ਤਾਂ ਜੋ ਉਹ ਪੂਰੀ ਤਰ੍ਹਾਂ ਵਰਤੋਂ ਵਿੱਚ ਆ ਸਕਣ। ਇਸੇ ਤਹਿਤ ਬਰਨਾਲੇ ਦੇ ਰੈਸਟ ਹਾਊਸ ਦੀ ਨੁਹਾਰ ਵੀ ਬਦਲੀ ਜਾਵੇਗੀ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਆਖਿਆ ਕਿ ਰੈਸਟ ਹਾਊਸ ਦੀ ਮੁਰੰਮਤ ਦੀ ਮੁਕੰਮਲ ਤਜਵੀਜ਼ ਬਣਾ ਕੇ ਸਬੰਧੀ ਵਿਭਾਗ ਰਾਹੀਂ ਪੰਜਾਬ ਸਰਕਾਰ ਨੂੰ ਭੇਜੀ ਜਾਵੇ ਤਾਂ ਜੋ ਰੈਸਟ ਹਾਊਸ ਬਰਨਾਲਾ ਦੀ ਨੁਹਾਰ ਬਦਲੀ ਜਾ ਸਕੇ।
ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਖੇਡ ਦੇ ਮੈਦਾਨ ਬਣਾਉਣ ਅਤੇ ਅਧੂਰੇ ਖੇਡ ਮੈਦਾਨਾਂ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਪਿੰਡਾਂ ਦੇ ਛੱਪੜਾਂ ਦੀ ਸਫਾਈ, ਪਾਣੀ ਸੋਧਣ ਤੋਂ ਇਲਾਵਾ ਮੰਡੀ ਬੋਰਡ ਅਧੀਨ ਸੜਕਾਂ ਦੀ ਮੁਰੰਮਤ, ਮਹਿਲ ਕਲਾਂ ਸਬ ਡਿਵੀਜ਼ਨ ਵਿਖੇ ਸਰਕਾਰੀ ਦਫਤਰ ਆਦਿ ਬਣਾਉਣ ’ਤੇ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਰਮਵੀਰ ਸਿੰਘ, ਐਸਡੀਐਮ ਗੋਪਾਲ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੀ ਮੀਟਿੰਗ