ਪ੍ਰਸ਼ਾਸਨ ਨੂੰ ਪਿੰਡਾਂ ਤੱਕ ਲੈ ਕੇ ਜਾਣਾ ਮੁੱਖ ਟੀਚਾ: ਹਰੀਸ਼ ਨਾਇਰ
- ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ
- ਜਨਤਾ ਲਈ ਪਾਰਦਰਸ਼ੀ ਤੇ ਸਮਾਂਬੱਧ ਸੇਵਾਵਾਂ ਯਕੀਨੀ ਬਣਾਉਣ ਲਈ ਆਖਿਆ
ਬਰਨਾਲਾ, 5 ਅਪ੍ਰੈਲ
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰੀਸ਼ ਨਾਇਰ ਆਈਏਐਸ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨਾਲ ਜਾਣ-ਪਛਾਣ ਮੀਟਿੰਗ ਕੀਤੀ ਗਈ ਅਤੇ ਵਿਭਾਗੀ ਸਕੀਮਾਂ ਤੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਤੇ ਅਹਿਮ ਨਿਰਦੇਸ਼ ਦਿੱਤੇ ਗਏ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਨਾਇਰ ਨੇ ਕਿਹਾ ਕਿ ਹਰੇਕ ਅਧਿਕਾਰੀ ਅਤੇ ਕਰਮਚਾਰੀ ਪੂਰੀ ਇਮਾਨਦਾਰੀ, ਜ਼ਿੰਮੇਵਾਰੀ ਤੇ ਪਾਰਦਰਸ਼ਤਾ ਨਾਲ ਆਪਣੀ ਡਿਊਟੀ ਨਿਭਾਵੇ ਤਾਂ ਜੋ ਆਮ ਲੋਕਾਂ ਦੇ ਜਨਤਕ ਕੰਮਾਂ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨਾਂ ਕਿਹਾ ਕਿ ਸਰਕਾਰੀ ਸੇਵਾਵਾਂ ਸਮਾਂਬੱਧ ਤਰੀਕੇ ਨਾਲ ਦਿੱਤੀਆਂ ਜਾਣ।
ਉਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰਸ਼ਾਸਨ ਨੂੰ ਪਿੰਡਾਂ ਤੱਕ ਲੈ ਕੇ ਜਾਇਆ ਜਾਵੇ। ਉਨਾਂ ਕਿਹਾ ਕਿ ਜਨਤਕ ਸਕੀਮਾਂ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਫਤੇ ’ਚ ਘੱਟੋ-ਘੱਟ ਇਕ ਦਿਨ ਪਿੰਡਾਂ ਦਾ ਦੌਰਾ ਕਰ ਕੇ ਜਨਤਕ ਮਸਲੇ ਹੱਲ ਕਰਨ ਤੇ ਲੋਕਾਂ ਨੰ ਭਲਾਈ ਸਕੀਮਾਂ ਦਾ ਲਾਭ ਦੇਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਮਹਿਕਮੇ ਵਿੱਚ ਂਿਭ੍ਰਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਭਿ੍ਰਸ਼ਟਾਚਾਰ ਪ੍ਰਤੀ ‘ਜ਼ੀਰੋ ਟੌਲਰੈਂਸ’ ਨੀਤੀ ਰਹੇਗੀ। ਇਸ ਮੌਕੇ ਉਨਾਂ ਸਾਰੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਆਪਣੇ ਵਿਭਾਗ ਨਾਲ ਸਬੰਧਤ ਸਕੀਮਾਂ ਤੇ ਉਸ ਸਬੰਧੀ ਲੋੜੀਂਦੀਆਂ ਸ਼ਰਤਾਂ, ਦਸਤਾਵੇਜ਼ਾਂ ਸਬੰਧੀ ਬੋਰਡ ਦਫਤਰਾਂ ਦੇ ਬਾਹਰ ਲਾਏ ਜਾਣ ਤਾਂ ਜੋ ਲੋਕਾਂ ਨੂੰ ਸਬੰਧਤ ਸਕੀਮਾਂ ਦੀ ਜਾਣਕਾਰੀ ਮਿਲ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਅਮਿਤ ਬੈਂਬੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਾਜਿੰਦਰ ਬੱਤਰਾ, ਐਸਡੀਐਮ ਬਰਨਾਲਾ ਸ੍ਰੀ ਵਰਜੀਤ ਵਾਲੀਆ, ਐਸਡੀਐਮ ਤਪਾ ਸ੍ਰੀਮਤੀ ਸਿਮਰਪ੍ਰੀਤ ਕੌਰ, ਐਸਪੀ ਕੁਲਦੀਪ ਸਿੰਘ ਸੋਹੀ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਵੱਲੋਂ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ
ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਜ਼ਿਲੇ ਵਿੱਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਜ਼ਿਲਾ ਖ਼ਾਧ ਤੇ ਸਿਵਲ ਸਪਲਾਈ ਕੰਟਰੋਲਰ ਸ੍ਰੀਮਤੀ ਮੀਨਾਕਸ਼ੀ ਨੇ ਦੱਸਿਆ ਕਿ ਜ਼ਿਲੇ ਵਿਚ 98 ਮੰਡੀਆਂ ਹਨ ਤੇ 72 ਸਬ ਯਾਰਡ ਹਨ। ਉਨਾਂ ਕਿਹਾ ਕਿ ਅਜੇ ਜ਼ਿਲੇ ਦੀਆਂ ਮੰਡੀਆਂ ’ਚ ਕਣਕ ਦੀ ਆਮਦ ਸ਼ੁਰੂ ਨਹੀਂ ਹੋਈ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਜ਼ਿਲਾ ਸਿੱਖਿਆ ਅਫਸਰ ਸਰਬਜੀਤ ਸਿੰੰਘ ਤੂਰ ਤੋਂ ਸਿੱਖਿਆ ਸਬੰਧੀ ਅਤੇ ਸਿਵਲ ਸਰਜਨ ਡਾ. ਜਸਬੀਰ ਔਲਖ ਤੋਂ ਸਿਹਤ ਸਬੰਧੀ ਸਕੀਮਾਂ ਦਾ ਜਾਇਜ਼ਾ ਲਿਆ ਗਿਆ।